
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤੇ ਜਾਣ ਦੇ ਨਾਲ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਅਤੇ ਸਿੱਖ ਸੰਸਥਾਵਾਂ ਵਿਚਕਾਰ ਚੱਲ ਰਿਹਾ ਟਕਰਾਅ ਤਿੱਖੇ ਰੂਪ ਵਿਚ ਆ ਗਿਆ ਹੈ। ਇਹ ਮਾਮਲਾ ਨਾ-ਸਿਰਫ਼ ਇੱਕ ਵਿਅਕਤੀ ਨਾਲ ਜੁੜਿਆ ਹੋਇਆ ਹੈ, ਬਲਕਿ ਇਹ ਸਿੱਖ ਸੰਸਥਾਵਾਂ ਦੇ ਵੱਕਾਰ, ਮਾਣ-ਮਰਿਆਦਾ ਅਤੇ ਸਿੱਖ ਭਾਵਨਾਵਾਂ ਦੇ ਸਮਾਨਾਂਤਰ ਸੰਵਿਧਾਨਿਕ ਅਹੁਦਿਆਂ ‘ਤੇ ਬੈਠੇ ਆਗੂਆਂ ਦੀ ਨੈਤਿਕ ਜ਼ਿੰਮੇਵਾਰੀ ਅਤੇ ਬੋਲਬਾਣੀ ਪ੍ਰਤੀ ਜਵਾਬਦੇਹੀ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲਿਆਉਂਦਾ ਹੈ।
ਅੱਜ ਦੇ ਸੰਦਰਭ ਵਿੱਚ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਕਿਹਾ ਹੈ, ਇਹ ਮਾਮਲਾ ਹੋਰ ਵੀ ਪੇਚੀਦਾ ਬਣ ਗਿਆ ਹੈ।
ਇਤਿਹਾਸ ਵੱਲ ਵੇਖੀਏ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵੱਡੇ-ਵੱਡੇ ਰਾਜਸੀ ਆਗੂਆਂ ਨੂੰ ਧਾਰਮਿਕ ਮਰਿਆਦਾ ਦੀ ਉਲੰਘਣਾ ਲਈ ਕਈ ਵਾਰ ਤਲਬ ਕੀਤਾ ਗਿਆ ਹੈ। ਮਿਸਾਲ ਵਜੋਂ 4 ਅਕਤੂਬਰ 1979 ਨੂੰ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੱਦਿਆ ਗਿਆ ਸੀ। ਇਸੇ ਤਰ੍ਹਾਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਅਤੇ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਨੂੰ ਵੀ ਅਹੁਦੇ ‘ਤੇ ਹੁੰਦਿਆਂ ਤਲਬ ਕੀਤਾ ਗਿਆ। ਸਾਲ 2014 ਵਿੱਚ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗੁਰਬਾਣੀ ਦੇ ਸ਼ਬਦ ਨੂੰ ਤੋੜ-ਮਰੋੜ ਕੇ ਬੋਲਣ ਕਰਕੇ ਸੱਦਿਆ ਗਿਆ ਅਤੇ ਤਨਖਾਹੀਆ ਐਲਾਨਿਆ ਗਿਆ ਸੀ। ਹਾਲ ਹੀ ਦੌਰਾਨ 2 ਦਸੰਬਰ 2024 ਨੂੰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 2012-2017 ਦੀ ਅਕਾਲੀ-ਭਾਜਪਾ ਸਰਕਾਰ ਦੌਰਾਨ ਹੋਈਆਂ ਧਾਰਮਿਕ ਅਤੇ ਪੰਥਕ ਭੁੱਲਾਂ ਲਈ ਤਲਬ ਕੀਤਾ ਗਿਆ ਸੀ। ਉਪਰੋਕਤ ਸਾਰੇ ਮਾਮਲਿਆਂ ਵਿੱਚ ਸਿਆਸੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਰਤਾ ਸਹਿਤ ਝੁਕ ਕੇ ਸੀਸ ਨਿਵਾਇਆ ਅਤੇ ਹੁਕਮ ਨੂੰ ਖਿੜੇ ਮੱਥੇ ਸਵੀਕਾਰ ਕੀਤਾ। ਪਰ ਮੁੱਖ ਮੰਤਰੀ ਭਗਵੰਤ ਮਾਨ ਦਾ ਮਾਮਲਾ ਕੁਝ ਵੱਖਰਾ ਹੈ, ਕਿਉਂਕਿ ਉਹ ਪਹਿਲੇ ਪਤਿਤ ਮੁੱਖ ਮੰਤਰੀ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਹਾਲਾਂਕਿ ਪਤਿਤ ਸਿੱਖ ਵਜੋਂ (ਜਿਨ੍ਹਾਂ ਨੇ ਵਾਲ ਕਟਵਾਏ ਹੋਣ) ਉਹ ਸਿੱਧੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੋ ਸਕਦੇ, ਜਿਸ ਕਾਰਨ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣਾ ਪਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਪੱਸ਼ਟੀਕਰਨ ਲਈ ਸੱਦੇ ਜਾਣ ਦਾ ਕਾਰਨ ਮੁੱਖ ਮੰਤਰੀ ਵਲੋਂ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਾਲੇ ਗੁਰਦੁਆਰਿਆਂ ਦੀਆਂ ਗੋਲਕਾਂ ਵਿਚ ਸੰਗਤ ਨੂੰ ਪੈਸੇ ਨਾ ਪਾਉਣ ਸਬੰਧੀ ਵਿਅੰਗਮਈ ਬਿਆਨਬਾਜ਼ੀ ਕਰਕੇ ਸਿੱਖ ਧਰਮ ਦੀ ਦਸਵੰਧ ਦੀ ਪ੍ਰਥਾ ਦਾ ਅਪਮਾਨ ਕਰਨ ਅਤੇ ਗੁਰੂ ਸਾਹਿਬਾਨ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਦੀ ਬੇਅਦਬੀ ਕਰਨ ਦੇ ਕਥਿਤ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਜਾਣਾ ਦੱਸਿਆ ਹੈ। ਜਥੇਦਾਰ ਨੇ ਕਿਹਾ ਕਿ ਭਗਵੰਤ ਮਾਨ ਨੇ ਸਿੱਖ ਰਹਿਤ ਮਰਿਆਦਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਦਸਵੰਧ ਤੇ ਗੁਰੂ ਕੀ ਗੋਲਕ ਵਰਗੀਆਂ ਪਰੰਪਰਾਵਾਂ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਦਰਅਸਲ ਪਿਛਲੇ ਲੰਬੇ ਸਮੇਂ ਤੋਂ ਸਿੱਖ ਸੰਸਥਾਵਾਂ ਨਾਲ ਟਕਰਾਅ ਵਿਚ ਚੱਲ ਰਹੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਉਸ ਸਮੇਂ ਹੋਈ ਹੈ ਜਦੋਂ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਜੁੜੇ ਮਾਮਲੇ ਵਿਚ ਐਫ. ਆਈ. ਆਰ. ਦਰਜ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਸਰਕਾਰ ਦੀ ਤਾਜ਼ਾ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੀ ਆਲੋਚਨਾ ਕਰਦਿਆਂ ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣੇ ਮੁਫ਼ਾਦਾਂ ਲਈ ਢਾਲ ਵਜੋਂ ਵਰਤ ਰਹੇ ਹਨ। ਨਿਰਸੰਦੇਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਧਰਮ ਦੇ ਮਾਮਲਿਆਂ ਬਾਰੇ ਬੇਲੋੜੀ ਬਿਆਨਬਾਜ਼ੀ ਨਿੰਦਣਯੋਗ ਹੈ। ਇੱਕ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਆਪਣੇ ਸੰਵਿਧਾਨਕ ਕਰਤੱਵਾਂ ਦੀ ਪਾਲਣਾ ਕਰਦਿਆਂ ਸਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਸਿਆਸੀ ਤੌਰ ‘ਤੇ ਕੋਈ ਜੋ ਮਰਜੀ ਕਰੇ ਪਰ ਗੁਰੂ ਕੀ ਗੋਲਕ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਬਾਰੇ ਇਕ ਮੁੱਖ ਮੰਤਰੀ ਵਲੋਂ ਵਿਵਾਦਗ੍ਰਸਤ ਟਿੱਪਣੀਆਂ ਜਾਂ ਵਿਅੰਗ ਕਰਨੇ ਬਿਲਕੁਲ ਵੀ ਮੁੱਖ ਮੰਤਰੀ ਦੇ ਅਹੁਦੇ ਦੀ ਗਰਿਮਾ ਨਾਲ ਮੇਲ ਨਹੀਂ ਖਾਂਦੇ।
ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਪੱਸ਼ਟੀਕਰਨ ਲਈ ਸੱਦੇ ਜਾਣ ਤੋਂ ਬਾਅਦ ਕਿਹਾ ਹੈ ਕਿ ਉਹ ਨੰਗੇ ਪੈਰੀਂ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਸਿਰ ਮੱਥੇ ਸਵੀਕਾਰ ਕਰਨਗੇ ਪਰ ਇਹ ਵੀ ਸੱਚ ਹੈ ਕਿ ਉਨ੍ਹਾਂ ਨੇ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਰਗੇ ਬਿਆਨ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਇਕ ਨਾਸਤਿਕ ਸੋਚ ਵਾਲੇ ਇਨਸਾਨ ਹਨ ਅਤੇ ਕੇਂਦਰ ਦੀਆਂ ਸਰਕਾਰਾਂ ਦੇ ਬੀਬੇ ਪੁੱਤ ਬਣ ਕੇ ਕੰਮ ਕਰਨ ਵਾਲੇ ਪੰਜਾਬ ਦੇ ਨਾਸਤਿਕ ਮੁੱਖ ਮੰਤਰੀ ਦੁਆਰਾ ਸਿੱਖ ਪਰੰਪਰਾਵਾਂ ਅਤੇ ਸਿਧਾਂਤਾਂ ਨਾਲ ਖਿਲਵਾੜ ਕਰਨਾ ਕੋਈ ਵੀ ਸੱਚਾ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਇਸੇ ਸੰਦਰਭ ਵਿੱਚ ਜ਼ਿਕਰ ਕਰਨਾ ਬਣਦਾ ਹੈ ਕਿ ਪਿਛਲੇ 45 ਸਾਲਾਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਘੱਟੋ-ਘੱਟ 6 ਵੱਡੇ ਰਾਜਸੀ ਆਗੂਆਂ ਨੂੰ ਤਲਬ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਕਿਸੇ ਨੇ ਵੀ ਬੇਮੁਖ ਹੋਣ ਦੀ ਹਿਮਾਕਤ ਨਹੀਂ ਕੀਤੀ। ਇਹ ਦਰਸਾਉਂਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਪੰਜਾਬ ਦੀ ਪਰੰਪਰਾ ਅਤੇ ਸਰਬਉੱਚ ਅਤੇ ਅਟੱਲ ਹੈ। ਜਿੱਥੋਂ ਤੱਕ ਗੱਲ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਂ ਉਨ੍ਹਾਂ ਨੂੰ ਸਿੱਖ ਪਰੰਪਰਾਵਾਂ ਨਾਲ ਟਕਰਾਉਣ ਦੀ ਬਜਾਇ ਸਿੱਖਾਂ ਨਾਲ ਜੁੜੇ ਹਰ ਮਸਲੇ ਵਿਚ ਬੜੀ ਗੰਭੀਰਤਾ ਨਾਲ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕੋਈ ਹੱਲ ਕਰਨਾ ਚਾਹੀਦਾ ਹੈ। ਸੋ, ਧਰਮ ਨੂੰ ਰਾਜਨੀਤੀ ਤੋਂ ਉੱਪਰ ਰੱਖ ਕੇ ਹੀ ਸਮਾਜ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਸਾਰੇ ਆਗੂਆਂ ਨੂੰ ਧਾਰਮਿਕ ਪਰੰਪਰਾਵਾਂ ਅਤੇ ਸੰਸਥਾਵਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਗ਼ਲਤੀ ਲਈ ਬਾਅਦ ਵਿਚ ਸ਼ਰਮਿੰਦਾ ਨਾ ਹੋਣਾ ਪਵੇ।
ਜਸਪ੍ਰੀਤ ਸਿੰਘ ਰਾਜਪੁਰਾ
ਸੰਪਾਦਕੀ ਨੋਟ
